ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/115

ਇਹ ਸਫ਼ਾ ਪ੍ਰਮਾਣਿਤ ਹੈ

ਕੋਈ ਚੀਰੇ ਦੇ ਲੜ ਲਾ
ਨੀ ਜਾਂਦੇ ਪੁੰਨੂੰ ਨੂੰ ਮੋੜ ਲੈ।

ਸੱਸੀ ਪੁੰਨੂੰ-ਪੁੰਨੂੰ ਕੂਕਦੀ ਡਾਚੀ ਦੇ ਖੁਰੇ ਮਗਰ ਨਸ ਟੁਰੀ। ਸੂਰਜ ਲੋਹੜੇ ਦੀ ਅੱਗ ਵਰ੍ਹਾ ਰਿਹਾ ਸੀ। ਸੱਸੀ ਦੇ ਫੁੱਲਾਂ ਜਹੇ ਪੈਰ ਤਪਦੀ ਰੇਤ 'ਤੇ ਭੁਜਦੇ ਪਏ ਸਨ ਪਰੰਤੂ ਉਹ ਪੁੰਨੂੰ-ਪੁੰਨੂੰ ਕਰੇਂਦੀ ਹਾਲੋਂ-ਬੇਹਾਲ ਹੋਈ ਨੱਸੀ ਜਾ ਰਹੀ ਸੀ:

ਨਾਜ਼ਕ ਪੈਰ ਮਲੂਕ ਸੱਸੀ ਦੇ
ਮਹਿੰਦੀ ਨਾਲ਼ ਸ਼ਿੰਗਾਰੇ
ਬਾਲੂ ਰੇਤ ਤਪੇ ਵਿਚ ਥਲ ਦੇ
ਜਿਉਂ ਜੌਂ ਭੁੰਨਣ ਭਠਿਆਰੇ
ਸੂਰਜ ਭੱਜ ਵੜਿਆ ਵਿਚ ਬੱਦਲੀਂ
ਡਰਦਾ ਲਿਸ਼ਕ ਨਾ ਮਾਰੇ
ਹਾਸ਼ਮ ਵੇਖ ਯਕੀਨ ਸੱਸੀ ਦਾ
ਸਿਦਕੋਂ ਮੂਲ ਨਾ ਹਾਰੇ।

ਸੱਸੀ ਅੱਗੇ ਆਉਂਦੇ ਰਾਹੀਆਂ ਪਾਸੋਂ ਆਪਣੇ ਪੁੰਨੂੰ ਦਾ ਪਤਾ ਪੁੱਛਦੀ ਪਰੰਤੂ ਸਾਰੇ ਨਾਂਹ ਵਿਚ ਸਿਰ ਹਿਲਾ ਦੇਂਦੇ। ਉਸ ਥਲ ਅੱਗੇ ਵੀ ਵਾਸਤੇ ਪਾਏ:

ਦਸ ਦੇ ਥਲਾ ਕਿਤੇ ਵੇਖੀ ਹੋਵੇ
ਮੇਰੇ ਪੁੰਨੂੰ ਦੀ ਡਾਚੀ ਕਾਲ਼ੀ
ਜਿਥੇ ਮੇਰਾ ਪੁੰਨੂੰ ਮਿਲੇ
ਉਹ ਧਰਤ ਨਸੀਬਾਂ ਵਾਲ਼ੀ।

ਕੋਹਾਂ ਦੇ ਕੋਹ ਸੱਸੀ ਭੁਜਦੇ ਥਲਾਂ 'ਤੇ ਡਾਚੀ ਦਾ ਖੁਰਾ ਲੱਭਦੀ ਰਹੀ। ਅੰਤ ਸਿੰਧ ਦੇ ਮਾਰੂਥਲਾਂ ਵਿਚਕਾਰ ਭੁੱਖੀ ਭਾਣੀ ਉਹ ਬੇਹੋਸ਼ ਹੋ ਕੇ ਡਿੱਗ ਪਈ ਤੇ ਪੁੰਨੂੰ-ਪੁੰਨੂੰ ਕੂਕਦੀ ਨੇ ਪ੍ਰਾਣ ਤਿਆਗ ਦਿੱਤੇ।
ਦੂਜੇ ਬੰਨੇ, ਪੁੰਨੂੰ ਨੂੰ ਹੋਸ਼ ਪਰਤੀ, ਉਹਦੀ ਜਿੰਦ ਸੱਸੀ ਉਹਦੇ ਪਾਸ ਨਹੀਂ ਸੀ। ਨਾ ਹੀ ਕਿਧਰੇ ਭੰਬੋਰ ਸ਼ਹਿਰ ਸੀ- ਚਾਰੇ ਬੰਨੇ ਮਾਰੂ ਰੇਤ ਥਲ ਨਜ਼ਰੀਂ ਆ ਰਿਹਾ ਸੀ। ਉਸ ਵਾਪਸ ਪਰਤਣ ਦੀ ਜ਼ਿੱਦ ਕੀਤੀ। ਉਹਦੇ ਭਰਾਵਾਂ ਉਹਨੂੰ ਲੱਖ ਸਮਝਾਇਆ। ਉਹ ਉਨ੍ਹੀਂ ਰਾਹੀਂ ਆਪਣੀ ਡਾਚੀ ਸਮੇਤ ਮੁੜ ਪਿਆ। ਸੱਸੀ ਦਾ ਪਿਆਰਾ ਮੁਖੜਾ ਉਹਨੂੰ ਨਜ਼ਰੀਂ ਆਉਂਦਾ ਪਿਆ ਸੀ।

ਪੰਜਾਬੀ ਲੋਕ ਗਾਥਾਵਾਂ/ 111