ਪੰਨਾ:ਪੰਜਾਬੀ ਸਭਿਆਚਾਰ ਦੀ ਆਰਸੀ - ਸੁਖਦੇਵ ਮਾਦਪੁਰੀ.pdf/55

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸਾਨੂੰ ਆਈਆਂ ਨੂੰ ਮੰਜਾ ਨਾ ਡਾਹਿਆ
ਨੀ ਚੱਲੋ ਭੈਣੋਂ ਮੁੜ ਚੱਲੀਏ
ਸੋਡਾ ਵੇਹੜਾ ਭੀੜਾ ਨੀ
ਚੱਲੋ ਭੈਣੋਂ ਮੁੜ ਚੱਲੀਏ
ਸੋਡੇ ਕੋਠੇ ਤੇ ਥਾਂ ਹੈ ਨੀ
ਚੱਲੋ ਭੈਣੋਂ ਮੁੜ ਚੱਲੀਏ

ਨਾਨਕਾ ਮੇਲ਼ ਦਾ ਗ੍ਰਹਿ-ਪ੍ਰਵੇਸ਼ ਸ਼ਗਨਾਂ ਨਾਲ ਕੀਤਾ ਜਾਂਦਾ ਹੈ। ਵਿਆਂਦੜ ਮੁੰਡੇ-ਕੁੜੀ ਦੀ ਮਾਂ ਜਾਂ ਲਾਗਣ ਬੂਹੇ ਉੱਤੇ ਤੇਲ ਚੋ ਕੇ ਉਹਨਾਂ ਦਾ ਆਦਰ ਮਾਣ ਨਾਲ ਸੁਆਗਤ ਕਰਦੀ ਹੈ।

ਐਨੇ ਨੂੰ ਬਰਾਤ ਆਉਣ ਦਾ ਸਮਾਂ ਨੇੜੇ ਢੁੱਕ ਜਾਂਦਾ ਹੈ...ਰੱਥਾਂ, ਗੱਡੀਆਂ, ਊਠਾਂ ਅਤੇ ਘੋੜੀਆਂ ਦੀ ਧੂੜ ਪਿੰਡ ਦੀਆਂ ਬਰੂਹਾਂ ਤੱਕ ਪੁੱਜ ਜਾਂਦੀ ਹੈ ਤੇ ਸਾਰੀਆਂ ਮੇਲਣਾਂ ਇਕੱਠੀਆਂ ਹੋ ਕੇ ਆਪਣੇ ਘਰ ਦੇ ਦਰਵਾਜ਼ੇ ਮੂਹਰੇ ਖੜ ਕੇ ਸੁਆਗਤੀ ਗੀਤ ਗਾਉਂਦੀਆਂ ਹਨ:

ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ

ਜੀ ਜਨ ਨੇੜੇ ਨੇੜੇ

ਬੀਬੀ ਦੇ ਬਾਬਲ ਨੂੰ ਖ਼ਬਰ ਕਰੋ
ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ

ਬੀਬੀ ਦੇ ਮਾਮੇ ਨੂੰ ਖ਼ਬਰ ਕਰੋ

ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ

ਬੀਬੀ ਦੇ ਚਾਚਿਆਂ ਨੂੰ ਖ਼ਬਰ ਕਰੋ

ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ

ਬਰਾਤ ਦੇ ਢੁਕਾਅ ਤੇ ਕੁੜਮਾਂ ਤੇ ਮਾਪਿਆਂ ਦੀ ਮਿਲਣੀ ਕਰਵਾਈ ਜਾਂਦੀ ਹੈ। ਮਿਲਣੀ ਉਪਰੰਤ ਸਾਰੇ ਵਾਤਾਵਰਣ ਵਿੱਚ ਖ਼ੁਸ਼ੀ ਦੀਆਂ ਫੁਹਾਰਾਂ ਵਹਿ ਟੁਰਦੀਆਂ ਹਨ ਤੇ ਸਾਰਾ ਮਾਹੌਲ ਖੁੱਲ੍ਹਾ ਖੁਲਾਸਾ ਬਣ ਜਾਂਦਾ ਹੈ। ਇਸੇ ਮਾਹੌਲ ਦਾ ਲਾਹਾ ਲੈਂਦਿਆਂ ਮੇਲਣਾਂ ਪਹਿਲਾਂ ਘੱਟ ਕਰਾਰੀਆਂ ਤੇ ਮਗਰੋਂ ਸਲੂਣੀਆਂ ਸਿੱਠਣੀਆਂ ਦੇਂਦੀਆਂ ਹਨ:

51/ਪੰਜਾਬੀ ਸਭਿਆਚਾਰ ਦੀ ਆਰਸੀ