ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/43

ਇਹ ਸਫ਼ਾ ਪ੍ਰਮਾਣਿਤ ਹੈ

ਮਿਰਜ਼ੇ ਬਿਨਾਂ ਸਾਹਿਬਾਂ ਦਾ ਜਹਾਨ ਸੁੰਨਾ ਹੋ ਗਿਆ। ਉਹ ਬੜੀ ਰੁੰਨੀ, ਸਹੇਲੀਆਂ ਢਾਰਸਾਂ ਬਨ੍ਹਾਈਆਂ। ਮਤਰੇਈ ਮਾਂ ਦੇ ਨਿੱਤ ਦੇ ਤਾਹਨੇ ਉਹਨੂੰ ਛਲਣੀ ਕਰਨ ਲੱਗੇ।

ਤੇ ਖੀਵਾ ਖਾਨ ਸਾਹਿਬਾਂ ਦੀ ਮੰਗਣੀ ਚੰਧੜਾਂ ਦੇ ਇਕ ਮੁੰਡੇ ਨਾਲ਼ ਕਰ ਆਇਆ ਤੇ ਵਿਆਹ ਦੇ ਦਿਨ ਵੀ ਧਰ ਦਿੱਤੇ। ਜਦੋਂ ਆਪਣੇ ਮੰਗਣੇ ਅਤੇ ਵਿਆਹ ਦੀ ਕਨਸੋ ਸਾਹਿਬਾਂ ਦੇ ਕੰਨੀਂ ਪਈ ਤਾਂ ਉਹ ਤੜਪ ਉੱਠੀ, ਹਨੇਰਾ ਉਹਦੀਆਂ ਅੱਖਾਂ ਅੱਗੇ ਛਾ ਗਿਆ। ਉਹ ਸਾਰੀ ਰਾਤ ਰਜਾਈ ਵਿੱਚ ਮੂੰਹ ਦਈ ਡੁਸਕਦੀ ਰਹੀ, ਹਟਕੌਰੇ ਭਰਦੀ ਰਹੀ, ਆਪਣੇ ਧੁੰਧਲੇ ਭਵਿੱਖ ਬਾਰੇ ਸੋਚਦੀ ਰਹੀ ਅਤੇ ਆਪਣੀਆਂ ਮੁਟਿਆਰ ਹੋਈਆਂ ਸੱਧਰਾਂ ਤੇ ਗੜੇਮਾਰ ਹੁੰਦੀ ਮਹਿਸੂਸ ਕਰਦੀ ਰਹੀ।

ਦੂਜੀ ਭਲਕ ਸਾਹਿਬਾਂ ਨੇ ਆਪਣੇ ਪਿੰਡ ਦੇ ਕਰਮੂ ਪਰੋਹਤ ਕੋਲ ਮਿਰਜ਼ੇ ਲਈ ਸੁਨੇਹਾ ਘਲ ਦਿੱਤਾ:

"ਮਿਰਜ਼ਿਆ ਅਗਲਿਆਂ ਕਸਰ ਨਹੀਂ ਜੇ ਛੱਡੀ। ਮੇਰੇ ਵਿਆਹ ਦੇ ਦਿਨ ਧਰ ਦਿੱਤੇ ਨੇ। ਜੇ ਤੈਨੂੰ ਮੇਰੇ ਨਾਲ਼ ਪਿਆਰ ਹੈ ਤਾਂ ਸੱਭੋ ਕੰਮ ਛੱਡ ਕੇ ਵਿਆਹ ਤੋਂ ਪਹਿਲੋਂ ਆ ਕੇ ਮਿਲ? ਮੈਨੂੰ ਤੇਰੇ ਬਿਨਾਂ ਚੈਨ ਨਹੀਂ ਆਉਂਦਾ ਪਿਆ। ਜੇ ਤੂੰ ਨਾ ਆਇਓਂ ਤਾਂ ਮੇਰਾ ਨਿਕਾਹ ਮੇਰੀ ਲਾਸ਼ ਨਾਲ਼ ਹੀ ਹੋਵੇਗਾ।"

ਸਾਹਿਬਾਂ ਦਾ ਸੁਨੇਹਾ ਮਿਲਦੇ ਸਾਰ ਹੀ ਮਿਰਜ਼ਾ ਤੜਪ ਉੱਠਿਆ! ਉਹਦੇ ਡੌਲੇ ਫਰਕ ਉੱਠੇ। ਉਸ ਆਪਣਾ ਤੀਰਾਂ ਦਾ ਤਰਕਸ਼, ਕਮਾਣ ਤੇ ਨੇਜ਼ਾ ਸੰਭਾਲਿਆ। ਆਪਣੀ ਪਿਆਰੀ ਬੱਕੀ ਸ਼ਿੰਗਾਰੀ ਤੇ ਝੰਗ ਨੂੰ ਟੁਰਨ ਲਈ ਤਿਆਰ ਹੋ ਗਿਆ। ਉਹਦੀ ਮਾਂ ਨੇ ਘੋੜੀ ਦੀ ਵਾਗ ਜਾ ਫੜੀ, "ਪੁੱਤਰ ਮਿਰਜ਼ਿਆ ਘਰ ਭੈਣ ਦੀ ਬਰਾਤ ਢੁਕਣ ਵਾਲ਼ੀ ਹੈ ਤੇ ਤੂੰ ਘਰੋਂ ਟੁਰ ਪਿਐਂ।" ਤੇ ਖੀਵੀ ਦੀਆਂ ਅੱਖਾਂ ਵਿੱਚੋਂ ਮਮਤਾ ਦੇ ਅੱਥਰੂ ਵਗ ਟੁਰੇ।

"ਮਾਂ ਜੇ ਅੱਜ ਮੈਂ ਝੰਗ ਨਾ ਅਪੜਿਆਂ ਤਾਂ ਸਾਹਿਬਾਂ ਕੁਝ ਖਾ ਕੇ ਮਰ ਜਾਵੇਗੀ। ਮੈਂ ਸਾਹਿਬਾਂ ਬਿਨਾਂ ਜੀ ਨਹੀਂ ਸਕਦਾ। ਮੇਰਾ ਰਾਹ ਛੱਡ ਦੇ ਮਾਂ। ਉਸ ਦੀ ਜਿੰਦ ਨੂੰ ਬਚਾਉਣਾ ਮੇਰੇ ਲਈ ਬਹੁਤ ਜ਼ਰੂਰੀ ਏ। ਉਹ ਮੇਰਾ ਰਾਹ ਤਕਦੀ ਪਈ ਏ...।"

"ਪੁੱਤਰ ਮਿਰਜ਼ਿਆ, ਜਵਾਨੀਆਂ ਮਾਣੇਂ। ਚੰਗਾ ਦੇਰ ਨਾ ਕਰ ਛੇਤੀ ਜਾਹ। ਪੁੱਤਰਾ ਖ਼ਰਲਾਂ ਦੇ ਖ਼ੂਨ ਨੂੰ ਦਾਗ਼ ਨਾ ਲਾਈਂ ਸਾਹਿਬਾਂ ਨੂੰ ਨਾਲ਼ ਲੈ ਕੇ ਮੁੜੀ।"

ਤੇ ਮਿਰਜ਼ੇ ਦੀ ਮਾਂ ਨੇ ਰੱਬ ਅੱਗੇ ਦੋਨੋਂ ਹੱਥ ਜੋੜ ਦਿੱਤੇ। ਬੱਕੀ ਰੇਵੀਆ ਚਾਲ ਫੜਦੀ ਹਵਾ ਨਾਲ਼ ਗੱਲਾਂ ਕਰਨ ਲੱਗੀ।

ਮਿਰਜ਼ਾ ਜਦੋਂ ਝੰਗ ਪੁੱਜਾ, ਚਾਰੇ ਬੰਨੇ ਹਨ੍ਹੇਰਾ ਪਸਰਿਆ ਹੋਇਆ ਸੀ। ਸਾਹਿਬਾਂ ਦੀ ਬਰਾਤ ਪਿੰਡ ਪੁੱਜ ਚੁੱਕੀ ਸੀ ਤੇ ਜਾਂਜੀ ਸ਼ਰਾਬ ਵਿੱਚ ਮਸਤ ਆਤਸ਼-ਬਾਜ਼ੀਆਂ ਚਲਾ ਰਹੇ ਸਨ, ਮੁਜਰੇ ਸੁਣ ਰਹੇ ਸਨ। ਮਿਰਜ਼ੇ ਦਾ ਦਿਲ ਧੜਕਿਆ। ਅੱਜ ਦੀ ਰਾਤ ਸਾਹਿਬਾਂ ਦਾ ਨਿਕਾਹ ਪੜ੍ਹਿਆ ਜਾਣਾ ਸੀ। ਤੇ ਸਾਹਿਬਾਂ ਉਹਨੂੰ ਉਡੀਕਦੀ-ਉਡੀਕਦੀ ਬੇ-ਆਸ ਹੋ ਚੁੱਕੀ ਸੀ।

ਪੰਜਾਬ ਦੇ ਲੋਕ ਨਾਇਕ/39