ਪੰਨਾ:ਮਨ ਪਰਦੇਸੀ – ਗੁਰਭਜਨ ਗਿੱਲ.pdf/63

ਇਹ ਸਫ਼ਾ ਪ੍ਰਮਾਣਿਤ ਹੈ



ਏਸ ਆਜ਼ਾਦੀ ਅੱਥਰੂ ਦਿੱਤੇ, ਜਸ਼ਨ ਮਨਾ ਨਹੀਂ ਹੋਇਆ ।
ਅੱਖੀਆਂ ਦੀ ਮਜ਼ਬੂਰੀ ਮੈਥੋਂ, ਹੰਝ ਲੁਕਾ ਨਹੀਂ ਹੋਇਆ ।

ਖਾ ਗਏ ਲੱਖ ਕਰੋੜਾਂ ਰੀਝਾਂ, ਤਖ਼ਤਾਂ ਤਾਜਾਂ ਵਾਲੇ,
ਸਾਥੋਂ ਇਕ ਵੀ ਹੌਕਾ ਦਿਲ ਵਿਚ, ਦਰਦ ਪਚਾ ਨਹੀਂ ਹੋਇਆ ।

ਆਈ ਆਜ਼ਾਦੀ ਢੋਲ ਵਜਾਵੇਂ, ਚਾਹਵੇਂ ਰਲ ਕੇ ਨੱਚੀਏ
ਤੇਰੇ ਨਾਲ ਕਦੇ ਵੀ ਮਨ ਦਾ ਮੋਰ ਨਚਾ ਨਹੀਂ ਹੋਇਆ ।

ਤੇਰੇ ਤੋਂ ਇਨਸਾਫ਼ ਮਿਲੇਗਾ, ਮੇਰੀ ਰੂਹ ਨਾ ਮੰਨੇ,
ਧੱਕੇ ਜਰਦੇ ਜਰਦੇ ਮੈਥੋਂ, ਮਨ ਸਮਝਾ ਨਹੀਂ ਹੋਇਆ ।

ਤੇਰੇ ਝੂਠੇ ਲਾਰੇ ਤੇ ਵਿਸ਼ਵਾਸ ਕਰੇ ਹੁਣ ਕਿਹੜਾ,
ਜਦ ਕਿ ਤੈਥੋਂ ਅੱਜ ਤੱਕ ਇਕ ਵੀ ਬੋਲ ਪੁਗਾ ਨਹੀਂ ਹੋਇਆ ।

ਚਾਰ ਚੁਫ਼ੇਰੇ ਦੁਸ਼ਮਣ ਫ਼ੌਜਾਂ, ਜੇ ਤੂੰ ਅੱਜ ਹੈਂ ਕੱਲ੍ਹਾ,
ਤੈਥੋਂ ਵੀ ਤਾਂ ਆਪਣਾ ਟੱਬਰ, ਗਲ਼ ਨੂੰ ਲਾ ਨਹੀਂ ਹੋਇਆ ।

ਦੇਸ਼ ਦੀ ਖ਼ਾਤਰ ਸੂਲੀ ਚੜ੍ਹ ਗਏ, ਅੰਬਰ ਤਾਰੇ ਬਣ ਗਏ,
ਸੂਰਮਿਆਂ ਦਾ ਅੱਜ ਤੱਕ ਸਾਥੋਂ, ਕਰਜ਼ ਚੁਕਾ ਨਹੀਂ ਹੋਇਆ ।

ਰਾਵੀ ਦੇ ਉਰਵਾਰ ਪਾਰ ਹੜ੍ਹ ਚੜ੍ਹਿਆ ਲੋਕੀਂ ਡੁੱਬੇ,
ਆਜ਼ਾਦੀ ਦਾ ਤੋਹਫ਼ਾ ਸਾਥੋਂ ਕਦੇ ਭੁਲਾ ਨਹੀਂ ਹੋਇਆ ।

ਮੱਥੇ ਤੇ ਕਾਲਖ ਦਾ ਟਿੱਕਾ, ਲਾ ਗਿਆ ਸੰਨ ਸੰਤਾਲੀ,
ਪੌਣੀ ਸਦੀ ਗੁਜ਼ਾਰਨ ਮਗਰੋਂ, ਇਹ ਵੀ ਲਾਹ ਨਹੀਂ ਹੋਇਆ ।

ਮਨ ਪਰਦੇਸੀ/63