ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/198

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਆਉਂਦਾ। ਬਚਪਨ ਦੀ ਮੁਹੱਬਤ ਮੁਟਿਆਰ ਹੋ ਗਈ। ਮਿਰਜ਼ਾ ਸਾਹਿਬਾਂ ਨੂੰ ਚੰਗਾ ਲਗਦਾ ਸੀ ਤੇ ਸਾਹਿਬਾਂ ਮਿਰਜ਼ੇ ਨੂੰ ਪਿਆਰੀ ਲੱਗਦੀ ਸੀ। ਦੋਨੋਂ ਇੱਕ ਦੂਜੇ ਦੇ ਸਦਕੜੇ ਜਾਂਦੇ ਸਨ।

ਦੋ ਜਵਾਨੀਆਂ ਦਾ ਇੱਕ ਦੂਜੇ ਨੂੰ ਚੰਗਾ ਲਗਣਾ, ਇਸ ਬੇ-ਮੁਹੱਬਤੋ ਸਮਾਜ ਨੂੰ ਚੰਗਾ ਨਾ ਲੱਗਾ। ਉਹਨਾਂ ਮਿਰਜ਼ੇ ਸਾਹਿਬਾਂ ਦੀ ਮੁਹੱਬਤ ਨੂੰ ਨਿੰਦਣਾ ਸ਼ੁਰੂ ਕਰ ਦਿੱਤਾ।

ਤੇ ਹੁਣ ਖੀਵੇ ਨੂੰ ਮਿਰਜ਼ਾ ਸਾਹਿਬਾਂ ਦਾ ਹੱਸਣਾ, ਖੇਡਣਾ, ਉਠਣਾ, ਬੈਠਣਾ ਪਹਿਲਾਂ ਵਰਗਾ ਨਿੱਘ ਨਹੀਂ ਸੀ ਦੇਂਦਾ। ਉਸ ਆਪਣੀ ਭੈਣ ਦਾਨਾਬਾਦ ਤੋਂ ਮੰਗਵਾ ਲਈ ਤੇ ਮਿਰਜ਼ੇ ਨੂੰ ਉਹਦੇ ਨਾਲ ਤੋਰ ਦਿੱਤਾ।

ਸਾਹਿਬਾਂ ਤੋਂ ਵਿਛੜ ਜਾਣਾ ਮਿਰਜ਼ੇ ਲਈ ਸੁਖੇਰਾ ਨਹੀਂ ਸੀ। ਮਿਰਜ਼ੇ ਨੇ ਦਿਲ ਤੇ ਪੱਥਰ ਰੱਖ ਲਿਆ ਤੇ ਸਾਹਿਬਾਂ ਦੀ ਯਾਦ ਦੇ ਸਹਾਰੇ ਆਪਣੇ ਪਿੰਡ ਦਾਨਾਬਾਦ ਆ ਗਿਆ।

ਮਿਰਜ਼ੇ ਦੇ ਕੁਸ਼ਤੀ ਕਰਨ, ਨੇਜ਼ਾਬਾਜ਼ੀ ਤੇ ਸ਼ਿਕਾਰ ਆਦਿ ਖੇਡਣ ਦੇ ਸ਼ੌਕ ਵੀ ਉਹਦੇ ਮਨ ਨੂੰ ਸਾਹਿਬਾਂ ਵੱਲੋਂ ਨਾ ਮੋੜ ਸਕੇ।

ਮਿਰਜ਼ੇ ਬਿਨਾਂ ਸਾਹਿਬਾਂ ਦਾ ਜਹਾਨ ਸੁੰਨਾ ਹੋ ਗਿਆ। ਉਹ ਬੜੀ ਰੁੰਨੀ। ਮਤਰੇਈ ਮਾਂ ਦੇ ਨਿੱਤ ਦੇ ਤਾਹਨੇ ਉਹਨੂੰ ਛਲਣੀ ਕਰਨ ਲੱਗੇ।

ਤੇ ਖੀਵਾ ਖਾਨ ਸਾਹਿਬਾਂ ਦੀ ਮੰਗਣੀ ਚੰਧੜਾਂ ਦੇ ਇੱਕ ਮੁੰਡੇ ਨਾਲ ਕਰ ਆਇਆ ਤੇ ਵਿਆਹ ਦੇ ਦਿਨ ਵੀ ਧਰ ਦਿੱਤੇ। ਜਦੋਂ ਆਪਣੇ ਮੰਗਣੇ ਅਤੇ ਵਿਆਹ ਦੀ ਕਨਸੋਂ ਸਾਹਿਬਾਂ ਦੇ ਕੰਨੀਂ ਪਈ ਤਾਂ ਉਹ ਤੜਪ ਉੱਠੀ, ਹਨ੍ਹੇਰਾ ਉਹਦੀਆਂ ਅੱਖਾਂ ਅੱਗੇ ਛਾ ਗਿਆ ਤੇ ਅਗਲੀ ਭਲਕ ਉਹਨੇ ਆਪਣੇ ਪਿੰਡ ਦੇ ਕਰਮੂ ਪਰੋਹਤ ਕੋਲ ਮਿਰਜ਼ੇ ਲਈ ਸੁਨੇਹਾ ਘੱਲ ਦਿੱਤਾ।

ਸਾਹਿਬਾਂ ਦਾ ਸੁਨੇਹਾ ਮਿਲਦੇ ਸਾਰ ਹੀ ਮਿਰਜ਼ਾ ਤੜਪ ਉੱਠਿਆ। ਉਹਦੇ ਡੌਲੇ ਫਰਕੇ। ਉਹਨੇ ਆਪਣਾ ਤੀਰਾਂ ਦਾ ਤਰਕਸ਼, ਕਮਾਣ ਤੇ ਨੇਜ਼ਾ ਸੰਭਾਲਿਆ ਤੇ ਆਪਣੀ ਪਿਆਰੀ ਬੱਕੀ ਤੇ ਸਵਾਰ ਹੋਕੇ ਝੰਗ ਨੂੰ ਤੁਰ ਪਿਆ। ਬੱਕੀ ਰੇਵੀਆ ਚਾਲ ਫੜਦੀ ਹਵਾ ਨਾਲ਼ ਗੱਲਾਂ ਕਰਨ ਲੱਗੀ।

ਮਿਰਜ਼ਾ ਜਦੋਂ ਝੰਗ ਪੁੱਜਾ, ਚਾਰੇ ਬੰਨੇ ਹਨੇਰਾ ਪਸਰਿਆ ਹੋਇਆ ਸੀ। ਸਾਹਿਬਾਂ ਦੀ ਬਰਾਤ ਪਿੰਡ ਢੁੱਕ ਚੁੱਕੀ ਸੀ ਤੇ ਜਾਂਜੀ ਸ਼ਰਾਬ ਵਿੱਚ ਮਸਤ ਆਤਸ਼ਬਾਜ਼ੀਆਂ ਚਲਾ ਰਹੇ ਸਨ, ਮੁਜਰੇ ਸੁਣ ਰਹੇ ਸਨ।

ਮਿਰਜ਼ਾ ਬੀਬੋ ਨਾਇਣ ਦੇ ਘਰ ਜਾ ਪੁੱਜਾ। ਸਾਹਿਬਾਂ ਨੂੰ ਬੀਬੋ ਖ਼ਬਰ ਦੇ ਆਈ। ਉਹ ਘਰਦਿਆਂ ਪਾਸੋਂ ਅੱਖ ਬਚਾ ਕੇ ਓਥੇ ਪੁੱਜ ਗਈ। ਉਸ ਮਿਰਜ਼ੇ ਦੁਆਲੇ ਬਾਹਾਂ ਵਲ ਦਿੱਤੀਆਂ ਤੇ ਡੁਸਕਦੀ ਹੋਈ ਬੋਲੀ,

"ਮਿਰਜ਼ਿਆ ਮੈਂ ਤੇਰੇ ਬਿਨਾਂ ਕਿਸੇ ਹੋਰ ਨੂੰ ਆਪਣਾ ਨਹੀਂ ਬਣਾ ਸਕਦੀ।

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 194